4.38 ਏਕੜ ‘ਚ ਫੈਲੇ ਇਸ ਹਾਈਟੈਕ ਕੰਪਲੈਕਸ ‘ਚ ਮਿਲਣਗੀਆਂ 10 ਤੋਂ ਵੱਧ ਖੇਡਾਂ ਦੀਆਂ ਸਹੂਲਤਾਂ
ਸੰਗਰੂਰ, 30 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਸਤੌਜ ਵਿਖੇ 14.63 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। 4.38 ਏਕੜ ਰਕਬੇ ਵਿੱਚ ਬਣਨ ਵਾਲਾ ਇਹ ਵਿਸ਼ਵ ਪੱਧਰੀ ਸਟੇਡੀਅਮ ਇਲਾਕੇ ਦੇ ਨੌਜਵਾਨਾਂ ਨੂੰ ਪੇਸ਼ੇਵਰ ਖੇਡ ਸਿਖਲਾਈ ਦੇ ਕੇ ਖੇਡ ਕੇਂਦਰ ਵਜੋਂ ਉੱਭਰੇਗਾ।
ਮੁੱਖ ਮੰਤਰੀ ਨੇ ਸਟੇਡੀਅਮ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਕੰਪਲੈਕਸ ਵਿੱਚ 200 ਮੀਟਰ ਦਾ ਅਥਲੈਟਿਕ ਟਰੈਕ, ਦਰਸ਼ਕਾਂ ਤੇ ਖਿਡਾਰੀਆਂ ਲਈ ਆਧੁਨਿਕ ਪਵੇਲੀਅਨ ਅਤੇ ਇੱਕ ਬਹੁ-ਮੰਤਵੀ ਇੰਡੋਰ ਸਪੋਰਟਸ ਹਾਲ ਬਣਾਇਆ ਜਾਵੇਗਾ। ਇਹ ਸਟੇਡੀਅਮ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ ਅਤੇ ਕਰਾਟੇ ਸਮੇਤ ਕਈ ਖੇਡਾਂ ਦੀ ਮੇਜ਼ਬਾਨੀ ਕਰੇਗਾ।
ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਕੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜਨ ਵਿੱਚ ਮੱਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ, “ਜਦੋਂ ਬੱਚਿਆਂ ਕੋਲ ਸਿੱਖਿਆ ਲਈ ਚੰਗਾ ਸਕੂਲ ਅਤੇ ਖੇਡਾਂ ਲਈ ਢੁਕਵਾਂ ਮੈਦਾਨ ਹੁੰਦਾ ਹੈ, ਤਾਂ ਉਹ ਵਿਸ਼ਵ ਪੱਧਰ ‘ਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦੇ ਹਨ।”
ਉਨ੍ਹਾਂ ਅੱਗੇ ਕਿਹਾ ਕਿ ਇਹ ਸਟੇਡੀਅਮ ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਾਉਣ ਅਤੇ ਉਨ੍ਹਾਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਤਗਮੇ ਜਿੱਤਣ ਦੇ ਸੁਪਨੇ ਸਾਕਾਰ ਕਰਨ ਲਈ ਉਤਸ਼ਾਹਿਤ ਕਰੇਗਾ। ਮਾਨ ਨੇ ਵਿਸ਼ਵਾਸ ਦਿਵਾਇਆ ਕਿ ਅਜਿਹੇ ਬੁਨਿਆਦੀ ਢਾਂਚੇ ਨਾਲ ਸੂਬੇ ਦੇ ਨੌਜਵਾਨ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨਗੇ।
Read More : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਹਰੀਆਂ ‘ਚ ਅਤਿ-ਆਧੁਨਿਕ ਹਸਪਤਾਲ ਲੋਕਾਂ ਨੂੰ ਸਮਰਪਿਤ
