ਸ੍ਰੀ ਮੁਕਤਸਰ ਸਾਹਿਬ :-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੇ ਹੋਣ ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਉਨ੍ਹਾਂ ਤੇ ਉਨ੍ਹਾਂ ਦੇ ਲੋਕਤੰਤਰੀ ਅੰਦੋਲਨ ਨੂੰ ਕੁਚਲਣ ਦੀ ਆਗਿਆ ਨਾ ਦੇਣ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਕਿਹਾ ਕਿ ਅਜਿਹਾ ਸੂਬੇ ਤੇ ਦੇਸ਼ ਦੇ ਇਤਿਹਾਸ ’ਚ ਪਹਿਲੀ ਵਾਰ ਹੋ ਰਿਹਾ ਹੈ ਕਿ ਸੂਬਾ ਤੇ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਸੱਦਿਆ ਹੋਵੇ ਤੇ ਫਿਰ ਲਾਠੀਚਾਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਉਨ੍ਹਾਂ ਨਾਲ ਗੱਲਬਾਤ ਕਰਨ ਦੇ ਰਾਹ ਤੋਂ ਵੀ ਭੱਜ ਗਈ ਹੈ। ਉਨ੍ਹਾਂ ਨੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਬਰ ਦੀ ਲੜਾਈ ’ਚ ਅੰਨਦਾਤੇ ਨਾਲ ਡੱਟ ਜਾਣ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਤਰੀਕੇ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕੀਤਾ ਗਿਆ, ਸ਼ੰਭੂ ਤੇ ਖਨੌਰੀ ਵਿਖੇ ਉਨ੍ਹਾਂ ਦੇ ‘ਧਰਨੇ’ ਜਬਰੀ ਚੁਕਾਏ ਗਏ ਤੇ ਉਨ੍ਹਾਂ ਦੇ ਲੋਕਤੰਤਰੀ ਹੱਕ ਸਿਰਫ ਇਸ ਕਰ ਕੇ ਕੁਚਲੇ ਗਏ ਕਿਉਂਕਿ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੂਬੇ ਦੀ ਵਾਗਡੋਰ ਸੰਭਾਲ ਲਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਵਜ਼ਾਰਤ ਸਿਰਫ ਰਬੜ ਦੀ ਮੋਹਰ ਬਣ ਕੇ ਰਹਿ ਗਈ ਹੈ।
ਬਾਦਲ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਵੇਲੇ ਸੰਤਾਪ ਹੰਢਾਇਆ ਸੀ ਕਿਉਂਕਿ ਉਨ੍ਹਾਂ ਨੇ ਝੂਠੇ ਵਾਅਦੇ ਕੀਤੇ ਸਨ ਤੇ ਉਹ ਪੰਜਾਬ ਨੂੰ ਪੰਜ ਸਾਲ ਪਿੱਛੇ ਲੈ ਗਏ ਤੇ ਹੁਣ ਆਪ ਸਰਕਾਰ ਵੀ ਇਹੋ ਕੁਝ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਤਾਂ ਗੱਲ ਹੀ ਛੱਡੋ, ਇਨ੍ਹਾਂ ਨੇ ਤਾਂ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ ਭਾਵੇਂ ਉਹ ਉਦਯੋਗ, ਮਹਿਲਾਵਾਂ, ਕਮਜ਼ੋਰ ਵਰਗ ਤੇ ਨੌਜਵਾਨ ਹੋਣ। ਹਾਲਾਤ ਅਜਿਹੇ ਬਣ ਗਏ ਹਨ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ’ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ।
ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਤੇ ਇਸ ਦੇ ਝੰਡੇ ਹੇਠ ਇਕਜੁੱਟ ਹੋਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ੁਭਚਿੰਤਕਾਂ ਨੂੰ ਸਮਝਣ ਤੇ ਕਿਹਾ ਕਿ ਅਕਾਲੀ ਦਲ ਇਕ ਖੇਤਰੀ ਪਾਰਟੀ ਹੈ, ਜੋ ਹਮੇਸ਼ਾ ਸੂਬੇ ਦੇ ਲੋਕਾਂ ਦੀਆਂ ਖੇਤਰੀ ਖੁਆਹਿਸ਼ਾਂ ਨੂੰ ਸਮਝਦੀ ਆਈ ਹੈ। ਉਨ੍ਹਾਂ ਕਿਹਾ ਕਿ ਅਸੀਂ ਅਜਿਹਾ ਕਰਦੇ ਰਹਾਂਗੇ।
