ਖ਼ਾਲਸਾਈ ਰੰਗ ’ਚ ਰੰਗਿਆ ਬਰੇਸ਼ੀਆ ਸ਼ਹਿਰ
ਯੂਰਪ ਭਰ ਤੋਂ ਹਜ਼ਾਰਾਂ ਸਿੱਖਾਂ ਨੇ ਭਰੀ ਹਾਜ਼ਰੀ

ਇਟਲੀ ਦੇ ਗੁਰਦੁਆਰਾ ਸਿੰਘ ਸਭਾ ਫਲੇਰੋ ਦੁਆਰਾ ਇਲਾਕੇ ਦੀਆਂ ਸਮੁੱਚੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਪੰਥ ਸਜਾਨਾ ਦਿਵਸ ਮੌਕੇ ਸ਼ਹਿਰ ਬਰੇਸ਼ੀਆ ਵਿਖੇ 26ਵਾਂ ਮਹਾਨ ਨਗਰ ਕੀਰਤਨ ਸਜਾਇਆ ਗਿਆ। ਇਸ ਵਿਸ਼ਾਲ ਨਗਰ ਕੀਰਤਨ ਵਿਚ ਯੂਰਪ ਭਰ ਤੋਂ ਹਜ਼ਾਰਾਂ ਸਿੱਖਾਂ ਨੇ ਹਾਜ਼ਰੀ ਭਰੀ। ਸੰਗਤਾਂ ਨਾਲ ਬਰੇਸ਼ੀਆ ਸ਼ਹਿਰ ਖ਼ਾਲਸਾਈ ਰੰਗ ’ਚ ਰੰਗਿਆ ਗਿਆ।
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ’ਚ ਸ਼ਹਿਰ ਬਰੇਸ਼ੀਆ ਦੇ ਵੀਆ ਕੋਰਸੀਕਾ ਤੋਂ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆ ਨਾਲ ਨਗਰ ਕੀਰਤਨ ਦੀ ਆਰੰਭਤਾ ਹੋਈ। ਵੱਖ-ਵੱਖ ਰਸਤਿਆਂ ’ਤੇ ਸਿੱਖ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਰਾਗੀ, ਢਾਡੀ ਸਿੰਘਾਂ ਦੁਆਰਾ ਸੰਗਤਾਂ ਨੂੰ ਇਤਿਹਾਸ ਸਰਵਣ ਕਰਵਾਇਆ। ਸਾਰੇ ਰਸਤੇ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ।
ਇਸ ਨਗਰ ਕੀਰਤਨ ਦੀ ਖ਼ਾਸ ਗੱਲ ਪੰਜਾਬ ਦੀ ਧਰਤੀ ਤੋਂ ਵਿਸ਼ੇਸ਼ ਪਹੁੰਚੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਦੀ ਸ਼ਮੂਲੀਅਤ ਰਹੀ, ਜਿਨ੍ਹਾਂ ਸਾਰੇ ਰਸਤੇ ਫੁੱਲਾਂ ਨਾਲ ਸਜੀ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ’ਤੇ ਸੇਵਾ ਕੀਤੀ। ਉਨ੍ਹਾਂ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣ ਕੇ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਵਿਦੇਸ਼ਾਂ ’ਚ ਵੱਸਦੇ ਸਿੱਖਾਂ ’ਤੇ ਵਾਹਿਗੁਰੂ ਜੀ ਦੀ ਕ੍ਰਿਪਾ ਹੈ।
ਇਸ ਨਗਰ ਕੀਰਤਨ ਵਿਚ ਐੱਸ. ਜੀ. ਪੀ. ਸੀ. ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਵੀ ਸ਼ਾਮਲ ਹੋਏ ਅਤੇ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਇਸ ਮਹਾਨ ਨਗਰ ਕੀਰਤਨ ਮੌਕੇ ਹੈਲੀਕਾਪਟਰ ਦੁਆਰਾ ਗੁਰੂ ਸਾਹਿਬ ਅਤੇ ਸੰਗਤਾਂ ’ਤੇ ਫ਼ੁੱਲਾਂ ਦੀ ਵਰਖਾ ਵੀ ਕੀਤੀ ਗਈ। ਸਿੰਘਾਂ ਦੁਆਰਾ ਗੱਤਕੇ ਦੇ ਜੌਹਰ ਵੀ ਦਿਖਾਏ ਗਏ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ’ਚ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਅਤੇ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਬਰੇਸ਼ੀਆ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜੀ ਆਇਆਂ ਆਖਿਆ ਅਤੇ ਸਨਮਾਨ ਭੇਟ ਕੀਤਾ।
ਗੁਰਦੁਆਰਾ ਸਿੰਘ ਸਭਾ ਫਲੇਰੋ ਦੇ ਮੁੱਖ ਸੇਵਾਦਾਰ ਸੁਰਿੰਦਰਜੀਤ ਸਿੰਘ ਪੰਡੋਰੀ ਅਤੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਵਿੰਦਰਜੀਤ ਸਿੰਘ ਬੁਲਜਾਨੋ ਨੇ ਸਮੁੱਚੀ ਸਿੱਖ ਸੰਗਤ ਦਾ ਧੰਨਵਾਦ ਕਰਦਿਆਂ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਅਤੇ ਵਿਸ਼ਾਲ ਨਗਰ ਕੀਰਤਨ ਦੀ ਵਧਾਈ ਦਿੱਤੀ।
