ਵਿਸਾਖੀ ਦੇ ਪਵਿੱਤਰ ਤਿਉਹਾਰ ’ਤੇ ਪੰਜਾਬੀਆਂ ਨੂੰ ਦਿੱਤੀ ਵਧਾਈ

ਪਟਿਆਲਾ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ, ਪੰਜਾਬੀਅਤ ਅਤੇ ਅਨੇਕਤਾ ’ਚ ਏਕਤਾ ਦੇ ਪ੍ਰਤੀਕ ‘ਖਾਲਸਾ ਪੰਥ ਦੇ ਸਾਜਨਾ ਦਿਵਸ’ ਅਤੇ ‘ਵਿਸਾਖੀ’ ਦੇ ਪਵਿੱਤਰ ਮੌਕੇ ਵਧਾਈ ਦਿੱਤੀ। ਇਸ ਮੌਕੇ ਨਾਲ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਵੀ ਸਨ।
ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਵਿਖੇ ਅਕੀਦਤ ਭੇਟ ਕਰਨ ਪੁੱਜੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਜਾਤ, ਰੰਗ, ਨਸਲ ਤੇ ਧਰਮ ਦੇ ਵਿਤਕਰੇ ਤੋਂ ਬਿਨਾਂ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਤਾਂ ਜੋ ਇਕ ਸਦਭਾਵਨਾ ਵਾਲਾ ਸਮਾਜ ਸਿਰਜਿਆ ਜਾ ਸਕੇ।
ਭਗਵੰਤ ਸਿੰਘ ਮਾਨ ਨੇ ਪਰਮਾਤਮਾ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਈਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਵਿਸਾਖੀ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਵੀ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਤਿਉਹਾਰ ਹਾੜ੍ਹੀ ਦੀਆਂ ਫ਼ਸਲਾਂ ਦੇ ਪੱਕਣ ਅਤੇ ਵਾਢੀ ਦੀ ਸ਼ੁਰੂਆਤ ਨੂੰ ਵੀ ਦਰਸਾਉਂਦਾ ਹੈ। ਇਹ ਤਿਉਹਾਰ ਸੂਬੇ ਅਤੇ ਇਸ ਦੇ ਕਿਸਾਨਾਂ ਲਈ ਮਹੱਤਵਪੂਰਨ ਹੈ ਕਿਉਂਕਿ ਇਹ ਹਾੜ੍ਹੀ ਦੀਆਂ ਫ਼ਸਲਾਂ ਦੀ ਵਾਢੀ ਅਤੇ ਸਾਂਭ-ਸੰਭਾਲ ਦਾ ਮੌਕਾ ਵੀ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਇਤਿਹਾਸਕ ਤਿਉਹਾਰ ਨੂੰ ਰਵਾਇਤੀ ਉਤਸ਼ਾਹ ਅਤੇ ਖੁਸ਼ੀ ਨਾਲ ਸਮੂਹਿਕ ਤੌਰ ’ਤੇ ਮਨਾਉਣ ਦਾ ਸੱਦਾ ਦਿੱਤਾ ਤਾਂ ਜੋ ਸਾਡੇ ਦੇਸ਼ ਦੇ ਧਰਮ ਨਿਰਪੱਖ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕੀਤਾ ਜਾ ਸਕੇ।

