ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ 5 ਮੈਂਬਰੀ ਕਮੇਟੀ ਦੀ ਅੱਜ ਜਲੰਧਰ ਦੇ ਗੁਰੂ ਤੇਗ ਬਹਾਦਰ ਨਗਰ ਸਥਿਤ ਨੌਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਹੋਈ। ਇਸ ਇਕੱਠ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਲਈ ਭਰਤੀ ਸ਼ੁਰੂ ਕੀਤੀ ਗਈ। ਜਿਸ ਵਿੱਚ ਸ. ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਯਾਲੀ, ਇਕਬਾਲ ਸਿੰਘ ਝੂੰਢਾ, ਸੰਤ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਕਿਹਾ ਕਿ ਭਰਤੀ ਮੁਹਿੰਮ ਨੂੰ ਬਹੁਤ ਜ਼ਿਆਦਾ ਸਮਰਥਨ ਮਿਲ ਰਿਹਾ ਹੈ। ਇਹ 5 ਮੈਂਬਰੀ ਕਮੇਟੀ ਭਾਈਚਾਰੇ ਨੂੰ ਸੰਪਰਦਾ ਅਧਾਰਤ ਅਗਵਾਈ ਪ੍ਰਦਾਨ ਕਰੇਗੀ।
ਬੀਬੀ ਜਗੀਰ ਕੌਰ ਨੇ ਕਿਹਾ ਕਿ 5 ਮੈਂਬਰੀ ਕਮੇਟੀ ਦੀ ਅਗਵਾਈ ਹੇਠ ਭਰਤੀ ਸਬੰਧੀ ਜਲੰਧਰ ’ਚ ਵੱਡਾ ਇਕੱਠ ਦੇਖਣ ਨੂੰ ਮਿਲਿਆ। ਮਲੇਰਕੋਟਲਾ ਤੋਂ ਬਾਅਦ ਜਲੰਧਰ ’ਚ ਲੋਕਾਂ ਦੀ ਭਾਰੀ ਭੀੜ ਦੇਖੀ ਗਈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਹਿਲਾਂ ਕਦੇ-ਕਦੇ ਹੀ ਦੇਖਿਆ ਗਿਆ ਸੀ ਕਿ ਲੋਕ ਖ਼ੁਦ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਕਾਪੀਆਂ ਮੰਗ ਰਹੇ ਹੋਣ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਂਤੀ।
ਇਸ ਦੌਰਾਨ ਬੀਬੀ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ। ਸੁਖਬੀਰ ਬਾਦਲ ਬਾਰੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਵੱਖਰੀ ਭਰਤੀ ਸ਼ੁਰੂ ਕਰ ਦਿੱਤੀ ਹੈ, ਇਸ ਲਈ ਉਹ ਉਨ੍ਹਾਂ ਬਾਰੇ ਕੁਝ ਨਹੀਂ ਕਹਿ ਸਕਦੀ। ਵਿਚਾਰਾਂ, ਸੋਚ ਦਾ ਇੱਕਠ ਹੋਣਾ ਬਹੁਤ ਜ਼ਰੂਰ ਹੈ, ਭਰਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛੱਤਰ ਛਾਇਆ ਹੋਣੀ ਚਾਹੀਦੀ ਹੈ। ਅਸੀਂ ਤਾਂ ਹੀ ਇੱਕਠੇ ਹੋ ਸਕਦੇ ਹਾਂ ਜੇਕਰ ਸਿੱਖ ਸਿਧਾਂਤ ਤੋਂ ਬਾਹਰ ਨਾ ਹੋਵੇ।
