ਸਮੱਲਗਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ : ਐੱਸ. ਪੀ. ਰਿਆੜ
ਬਟਾਲਾ : ਪੁਲਿਸ ਜ਼ਿਲਾ ਬਟਾਲਾ ਦੇ ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਐੱਸ. ਪੀ. ਹੈੱਡ ਕੁਆਰਟਰ ਜਸਵੰਤ ਕੌਰ ਰਿਆੜ ਦੀ ਅਗਵਾਈ ਵਿਚ ਗਾਂਧੀ ਕੈਂਪ ਬਟਾਲਾ ’ਚ ਨਸ਼ਾ ਸਮੱਲਗਰਾਂ ਵਿਰੁੱਧ ਸਰਚ ਅਭਿਆਨ ਚਲਾਇਆ ਗਿਆ ਅਤੇ ਸ਼ੱਕੀ ਘਰਾਂ ਦੀ ਤਲਾਸ਼ੀ ਵੀ ਲਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਜਸਵੰਤ ਕੌਰ ਰਿਆੜ ਨੇ ਦੱਸਿਆ ਪੰਜਾਬ ਸਰਕਾਰ, ਡੀ. ਜੀ. ਪੀ. ਪੰਜਾਬ ਗੌਰਵ ਯਾਦਵ, ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਸਿਮ ਮੀਰ ਦੇ ਨਿਰਦੇਸ਼ਾਂ ਤਹਿਤ ਪੁਲਿਸ ਵੱਲੋਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਅਤੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਲਈ ਸਰਚ ਅਭਿਆਨ ਚਲਾਇਆ ਗਿਆ।
ਉਨ੍ਹਾਂ ਦੱਸਿਆ ਕਿ ਨਸ਼ਾ ਸਮੱਲਗਰਾਂ ’ਤੇ ਸਿਕੰਜਾ ਕੱਸਣ ਲਈ ਅੱਜ ਪੁਲਿਸ ਵੱਲੋਂ ਗਾਂਧੀ ਕੈਂਪ ਬਟਾਲਾ ’ਚ ਸਰਚ ਅਭਿਆਨ ਚਲਾਇਆ ਗਿਆ ਹੈ ਅਤੇ ਕੁਝ ਸ਼ੱਕੀ ਘਰਾਂ ਦੀ ਤਲਾਸ਼ੀ ਵੀ ਲਈ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਨਸ਼ਾ ਸਮੱਲਗਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਦੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਜਿੱਥੇ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਨਾਲ ਹੀ ਲੋਕਾਂ ਦਾ ਵੀ ਇਹ ਫਰਜ ਬਣਦਾ ਹੈ ਕਿ ਉਹ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਸ ਪਾਸ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਉਹ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ।
ਇਸ ਮੌਕੇ ਡੀ. ਐੱਸ. ਪੀ. ਸਿਟੀ ਸੰਜੀਵ ਕੁਮਾਰ, ਐੱਸ. ਐੱਚ. ਓ. ਸਿਵਲ ਲਾਈਨ ਗੁਰਦੇਵ ਸਿੰਘ ਅਤੇ ਹੋਰ ਪੁਲਸ ਅਧਿਕਾਰੀ ਹਾਜ਼ਰ ਸਨ।