ਪੰਜਾਬ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਹਮਣੇ ਆਏ ਸਾਰਥਕ ਨਤੀਜੇ : ਸਿਹਤ ਮੰਤਰੀ

2954 ਐੱਫ. ਆਈ. ਆਰਜ਼ ਦਰਜ, 55 ਨਸ਼ਾ ਸਮੱਗਲਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ : ਡਾ. ਬਲਬੀਰ ਸਿੰਘ

ਪਟਿਆਲਾ :- ਪੰਜਾਬ ’ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਅਗਵਾਈ ਕਰ ਰਹੀ ਕੈਬਨਿਟ ਸਬ-ਕਮੇਟੀ ਦੇ ਮੈਂਬਰ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰੰਮ ਨੂੰ ਮਿਲੇ ਆਮ ਲੋਕਾਂ ਦੇ ਭਰਵੇਂ ਹੁੰਗਾਰੇ ਸਦਕਾ ਪਿਛਲੇ 35 ਦਿਨਾਂ ’ਚ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਖ਼ਿਲਾਫ਼ 2954 ਐੱਫ. ਆਈ. ਆਰਜ਼ ਦਰਜ ਕੀਤੀਆਂ ਗਈਆਂ ਹਨ, ਜਦੋਂਕਿ 55 ਨਸ਼ਾ ਸਮੱਗਲਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੁਣ ਸਮੇਤ 196 ਕਿਲੋ ਹੈਰੋਇਨ, 55 ਕਿਲੋ ਚਰਸ ਤੇ ਗਾਂਜਾ ਤੇ 5.93 ਕਰੋਡ਼ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਵਿਰੁੱਧ ਚੱਲ ਰਹੀ ਲਡ਼ਾਈ ਜਲਦ ਹੀ ਆਪਣੇ ਅੰਜਾਮ ’ਤੇ ਪੁੱਜੇਗੀ ਤੇ ਸੂਬਾ ਨਸ਼ਾ ਮੁਕਤ ਹੋਵੇਗਾ। ਅੱਜ ਇਥੇ ਪਟਿਆਲਾ ਦੇ ਸਰਕਟ ਹਾਊਸ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਖ਼ਿਲਾਫ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ੇ ਦੀ ਬੀਮਾਰੀ ਨਾਲ ਜੂਝ ਰਹੇ ਵਿਅਕਤੀਆਂ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ’ਚ ਨਸ਼ਾ ਛੱਡਣ ਵਾਲਿਆਂ ਦੀ ਗਿਣਤੀ ’ਚ ਵੀ ਲਗਾਤਾਰ ਵਾਧਾ ਹੋਇਆ ਹੈ ਅਤੇ ਮੁਹਿੰਮ ਸ਼ੁਰੂ ਹੋਣ ਤੋਂ ਹੁਣ ਤੱਕ ਓਟ ਕਲੀਨਿਕਾਂ ’ਚ ਦਵਾਈ ਲੈਣ ਵਾਲਿਆਂ ਦੀ ਗਿਣਤੀ ਦੁੱਗਣੀ ਹੋਈ ਹੈ, ਜੋ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹੀ ਨਤੀਜਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੀ ਸਖਤੀ ਕਾਰਨ ਪਾਕਿਸਤਾਨ ਤੋਂ ਡਰੋਨ ਰਾਹੀਂ ਆਉਣ ਵਾਲੇ ਨਸ਼ੇ ’ਚ ਵੀ ਵੱਡੀ ਕਮੀ ਆਈ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਉਹ ਆਨਲਾਈਨ ਦਵਾਈਆਂ ਦੀ ਵਿਕਰੀ ਦੇ ਮਾਮਲੇ ਸਬੰਧੀ ਕੇਂਦਰੀ ਸਿਹਤ ਮੰਤਰੀ ਨਾਲ ਸੋਮਵਾਰ ਨੂੰ ਮੁਲਾਕਾਤ ਕਰ ਕੇ ਈ-ਸਿਗਰਟ ਸਮੇਤ ਅਜਿਹੇ ਹੋਰ ਨਸ਼ੀਲੇ ਪਦਾਰਥ ਜੋ ਆਨਲਾਈਨ ਉਪਲਬੱਧ ਹਨ, ਉਨ੍ਹਾਂ ਦਾ ਮਾਮਲਾ ਉਠਾਉਣਗੇ। ਸਵਾਲਾਂ ਦੇ ਜਵਾਬ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿਛਲੀ ਸਰਕਾਰਾਂ ’ਤੇ ਤੰਜ ਕਸਦਿਆਂ ਕਿਹਾ ਕਿ ਉਸ ਸਮੇਂ ਨਸ਼ਾ ਸਮੱਗਲਰਾਂ ਨੂੰ ਸਿਆਸੀ ਪੁਸ਼ਤ ਪਨਾਹੀ ਮਿਲਣ ਕਾਰਨ ਇਹ ਬੀਮਾਰੀ ਪੰਜਾਬ ’ਚ ਫੈਲੀ ਹੈ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਅਪਣਾਈ ਹੈ, ਜਿਸ ਸਦਕਾ ਸੂਬੇ ’ਚ ਨਸ਼ਾ ਤੇਜ਼ੀ ਨਾਲ ਖ਼ਤਮ ਹੁੰਦਾ ਜਾ ਰਿਹਾ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜਡ਼੍ਹੋਂ ਖਤਮ ਕਰਨ ਲਈ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਲੋਕਾਂ ਦਾ ਸਹਿਯੋਗ ਲੈਣ ਲਈ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤੀ ਹੋਇਆ ਹੈ, ਜਿਥੇ ਲੋਕ ਆਪਣੇ ਖੇਤਰ ’ਚ ਨਸ਼ਾ ਸਮੱਗਲਿੰਗ ਕਰਨ ਵਾਲੇ ਵਿਅਕਤੀਆਂ ਸਬੰਧੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਫੋਨ ਕਰਨ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਕਿਸੇ ਕੋਲ ਵੀ ਇਸ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਿਆਂ ਵਿਰੁੱਧ ਇਸ ਲਡ਼ਾਈ ’ਚ ਪੰਜਾਬ ਦੇ ਲੋਕਾਂ ਦੇ ਸਾਥ ਅਤੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਅਤੇ ਸੂਬੇ ਦੀ ਆਉਣ ਵਾਲੀ ਪੀਡ਼੍ਹੀ ਦੇ ਸਿਹਤਮੰਦ ਅਤੇ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਰਕਾਰ ਅਤੇ ਜਨਤਾ ਦੇ ਸਾਂਝੇ ਉਪਰਾਲੇ ਜ਼ਰੂਰੀ ਹਨ।

Leave a Reply

Your email address will not be published. Required fields are marked *