ਬਠਿੰਡਾ ਜੇਲ ’ਚ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ

ਕੈਦੀਆਂ ਦਾ ਦੋਸ਼ – ਨਾ ਤਾਂ ਧਾਰਮਿਕ ਆਜ਼ਾਦੀ ਦਿੱਤੀ ਜਾ ਰਹੀ ਅਤੇ ਨਾ ਹੀ ਜੇਲ ਨਿਯਮਾਂ ਮੁਤਾਬਕ ਸੁਵਿਧਾਵਾਂ ਮਿਲ ਰਹੀਆਂ

ਬਠਿੰਡਾ- ਅਸਾਮ ਦੀ ਡਿਬਰੂਗੜ੍ਹ ਜੇਲ ਤੋਂ ਬਠਿੰਡਾ ਸੈਂਟਰਲ ਜੇਲ ਵਿਚ ਤਬਦੀਲ ਕੀਤੇ ਗਏ ‘ਵਾਰਿਸ ਪੰਜਾਬ ਦੇ’ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਜੇਲ ਪ੍ਰਸ਼ਾਸਨ ਦੇ ਖਿਲਾਫ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਕੈਦੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਨਾ ਤਾਂ ਧਾਰਮਿਕ ਆਜ਼ਾਦੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਜੇਲ ਨਿਯਮਾਂ ਮੁਤਾਬਕ ਸੁਵਿਧਾਵਾਂ ਮਿਲ ਰਹੀਆਂ ਹਨ।
ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕਾ ਨੇ ਇਕ ਆਡੀਓ ਜਾਰੀ ਕਰ ਕੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਦੀ ਵੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਜੇਲ ਪ੍ਰਸ਼ਾਸਨ ਉਨ੍ਹਾਂ ਨਾਲ ਭੇਦਭਾਵ ਕਰ ਰਿਹਾ ਹੈ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ।
ਉਨ੍ਹਾਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਸ ਮਾਮਲੇ ਵਿਚ ਦਖਲ ਦੀ ਅਪੀਲ ਵੀ ਕੀਤੀ। ਬਾਜੇਕਾ ਨੇ ਕਿਹਾ ਕਿ ਜਦ ਤਕ ਉਨ੍ਹਾਂ ਨੂੰ ਗੁਰੂ ਘਰ ਵਿਚ ਮੱਥਾ ਟੇਕਣ ਦੀ ਇਜਾਜ਼ਤ ਨਹੀਂ ਮਿਲਦੀ ਅਤੇ ਹੋਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਤਦ ਤਕ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜੇਲ ਦੇ ਬਾਥਰੂਮਾਂ ’ਚ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਹਨ, ਜੋ ਕਿ ਨਿੱਜਤਾ ਦਾ ਗੰਭੀਰ ਉਲੰਘਣਾ ਹੈ।
ਇਸ ਮਾਮਲੇ ’ਤੇ ਬਠਿੰਡਾ ਸੈਂਟਰਲ ਜੇਲ ਦੇ ਸੁਪਰਡੈਂਟ ਮਨਜੀਤ ਸਿੰਘ ਨੇ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਸਾਰੇ ਕੈਦੀਆਂ ਨੂੰ ਜੇਲ ਨਿਯਮਾਂ ਦੇ ਅਧੀਨ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਭੁੱਖ ਹੜਤਾਲ ’ਤੇ ਬੈਠੇ ਕੈਦੀਆਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਆਮ ਕੈਦੀਆਂ ਵਾਂਗ ਨਹੀਂ, ਸਗੋਂ ਖਾਸ ਡਿਊਢੀ ਵਿਚ ਮੁਲਾਕਾਤ ਦੀ ਇਜਾਜ਼ਤ ਦਿੱਤੀ ਜਾਵੇ, ਜੋ ਕਿ ਜੇਲ ਨਿਯਮਾਂ ਅਨੁਸਾਰ ਸੰਭਵ ਨਹੀਂ।
ਯਾਦ ਰਹੇ ਕਿ ਐੱਨ. ਐੱਸ. ਏ. ਹਟਣ ਤੋਂ ਬਾਅਦ ਕੁਲਵੰਤ ਸਿੰਘ ਰਾਊਕੇ, ਹਰਜੀਤ ਸਿੰਘ ਚਾਚਾ, ਬਸੰਤ ਸਿੰਘ ਦੌਲਤਪੁਰਾ ਅਤੇ ਭਗਵੰਤ ਸਿੰਘ ਬਾਜੇਕਾ ਨੂੰ ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਬਠਿੰਡਾ ਸੈਂਟਰਲ ਜੇਲ ਵਿਚ ਤਬਦੀਲ ਕੀਤਾ ਗਿਆ ਸੀ।

Leave a Reply

Your email address will not be published. Required fields are marked *