ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਫਰਵਰੀ ਵਿਚ ਸੂਬੇ ਵਿਚ ਕਰਵਾਇਆ ਜਾਵੇਗਾ ਰੰਗਲਾ ਪੰਜਾਬ ਮੇਲਾ

ਸੈਰ-ਸਪਾਟਾ ਵਿਭਾਗ ਨੂੰ ਸੂਬੇ ਵਿੱਚ ਅਤਿ ਆਧੁਨਿਕ ਸੰਮੇਲਨ ਕੇਂਦਰ ਸਥਾਪਤ ਕਰਨ ਲਈ ਕਿਹਾ

ਚੰਡੀਗੜ੍ਹ, 16 ਦਸੰਬਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਾਮੀ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਕਰਵਾਏਗੀ।

ਸੈਰ-ਸਪਾਟਾ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ‘ਤੇ ਮਨਾਏਗੀ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਸਮਾਗਮਾਂ ਦੀ ਲੜੀ ਕਰਵਾਈ ਜਾਵੇਗੀ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ।

ਭਗਵੰਤ ਸਿੰਘ ਮਾਨ ਨੇ ਸੈਰ ਸਪਾਟਾ ਵਿਭਾਗ ਨੂੰ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣ ਲਈ ਵਿਸਥਾਰਤ ਪ੍ਰੋਗਰਾਮ ਉਲੀਕਣ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਆਜ਼ਾਦੀ ਦੇ ਅਧਿਕਾਰ ਦੀ ਰਾਖੀ ਅਤੇ ਮਨੁੱਖੀ ਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਮਾਨਵਤਾ ਦੇ ਇਤਿਹਾਸ ਵਿੱਚ ਅਦੁੱਤੀ ਅਤੇ ਬੇਮਿਸਾਲ ਹੈ ਅਤੇ ਜ਼ੁਲਮ ਤੇ ਜਬਰ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਵੇਂ ਗੁਰੂ ਸਾਹਿਬ ਨੇ ਦੇਸ਼ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕੀਤੀ।

ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਫਰਵਰੀ ਵਿੱਚ ਸੂਬੇ ਵਿੱਚ ਰੰਗਲਾ ਪੰਜਾਬ ਫੈਸਟੀਵਲ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਟੀਵਲ ਦਾ ਉਦੇਸ਼ ਪੰਜਾਬ ਨੂੰ ਸਭ ਤੋਂ ਵੱਧ ਪਸੰਦੀਦਾ ਵਿਸ਼ਵ ਸੈਰ-ਸਪਾਟਾ ਸਥਾਨ ਵਜੋਂ ਦਰਸਾਉਣਾ ਹੈ ਅਤੇ ਕਿਹਾ ਕਿ ਪੰਜਾਬ ਕੋਲ ਸੁੰਦਰ ਥਾਵਾਂ ਦੇ ਨਾਲ-ਨਾਲ ਅਮੀਰ ਅਤੇ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਹੈ, ਜੋ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦੀ ਹੈ।

ਮੁੱਖ ਮੰਤਰੀ ਨੇ ਉਮੀਦ ਜ਼ਾਹਿਰ ਕੀਤੀ ਕਿ ਇਹ ਮੇਲਾ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਲਈ ਪ੍ਰੇਰਕ ਵਜੋਂ ਕੰਮ ਕਰੇਗਾ ਕਿਉਂਕਿ ਇਹ ਸੈਰ ਸਪਾਟੇ ਨੂੰ ਉਤਸ਼ਾਹਤ ਕਰ ਕੇ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਇਹ ਮੇਲਾ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ ਅਤੇ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਵੇਗਾ।

ਮੁੱਖ ਮੰਤਰੀ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਕਾਇਮ ਰੱਖਣ ਲਈ ਸੂਬੇ ਭਰ ਵਿੱਚ ਵਿਰਾਸਤੀ ਮੇਲੇ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ। ਉਨ੍ਹਾਂ ਸੈਰ ਸਪਾਟਾ ਅਤੇ ਸੱਭਿਆਚਾਰਕ ਵਿਭਾਗ ਨੂੰ ਹਰੇਕ ਸਾਲ ਸਮਾਗਮਾਂ ਕਰਵਾਉਣ ਲਈ ਵਿਸਥਾਰਤ ਪ੍ਰਸਤਾਵ ਤਿਆਰ ਕਰਨ ਲਈ ਕਿਹਾ ਤਾਂ ਜੋ ਇਹ ਤਿਉਹਾਰ ਹਰ ਸਾਲ ਮਨਾਏ ਜਾ ਸਕਣ।

ਮੁੱਖ ਮੰਤਰੀ ਨੇ ਸੈਰ-ਸਪਾਟਾ ਵਿਭਾਗ ਨੂੰ ਪ੍ਰਗਤੀ ਮੈਦਾਨ ਦੀ ਤਰਜ਼ ‘ਤੇ ਅਤਿ-ਆਧੁਨਿਕ ਸੰਮੇਲਨ ਕੇਂਦਰਾਂ ਦੀ ਸਥਾਪਨਾ ਦੀ ਸੰਭਾਵਨਾ ਤਲਾਸ਼ਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਹ ਕਨਵੈਨਸ਼ਨ ਸੈਂਟਰ ਅੰਮ੍ਰਿਤਸਰ, ਲੁਧਿਆਣਾ ਅਤੇ ਨਿਊ ਚੰਡੀਗੜ੍ਹ ਵਰਗੇ ਵੱਡੇ ਸ਼ਹਿਰਾਂ ਵਿੱਚ ਸਥਾਪਤ ਕੀਤੇ ਜਾਣੇ ਚਾਹੀਦੇ ਹਨ ਅਤੇ ਇਨ੍ਹਾਂ ਵਿੱਚ ਹਾਊਸ ਅਰੀਨਾ, ਹੋਟਲ, ਸ਼ਾਪਿੰਗ ਮਾਲ ਅਤੇ ਹੋਰ ਸਥਾਨ ਹੋਣੇ ਚਾਹੀਦੇ ਹਨ।

ਮੁੱਖ ਮੰਤਰੀ ਨੇ ਵਿਭਾਗ ਨੂੰ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਸੂਬੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਹੋਰ ਵਿਕਸਤ ਕਰਨ ਲਈ ਵਿਸਤ੍ਰਿਤ ਯੋਜਨਾ ਤਿਆਰ ਕਰਨ ਲਈ ਵੀ ਆਖਿਆ। ਇਨ੍ਹਾਂ ਖੇਤਰਾਂ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਆਦਰਸ਼ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਕਿ ਕਿਲ੍ਹਾ ਮੁਬਾਰਕ ਵਿੱਚ ਬਣੇ ਪੰਜਾਬ ਦੇ ਪਹਿਲੇ ਬੁਟੀਕ ਹੋਟਲ ਦੀ ਅਜ਼ਮਾਇਸ਼ ਸ਼ੁਰੂ ਹੋ ਗਈ ਹੈ। ਉਹ ਆਉਣ ਵਾਲੇ ਦਿਨਾਂ ਵਿਚ ਸ਼ਾਹੀ ਸ਼ਹਿਰ ਦੇ ਦੌਰੇ ਦੌਰਾਨ ਹੋਟਲ ਜ਼ਰੂਰ ਜਾਣਗੇ।

Leave a Reply

Your email address will not be published. Required fields are marked *