ਮੁੱਖ ਮੰਤਰੀ ਮਾਨ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਉਚ ਅਧਿਕਾਰੀਆਂ ਨੂੰ ਸਭਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ

ਕਿਹਾ, ਸੂਬਾ ਸਰਕਾਰ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਲੂਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ

ਚੰਡੀਗੜ੍ਹ, 9 ਦਸੰਬਰ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।

ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫ਼ੰਡ ਅਲਾਟ ਕੀਤੇ ਗਏ ਹਨ, ਇਸ ਲਈ ਇਹ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਜਾਂਦੀ ਹਰ ਸੜਕ ‘ਤੇ ਹੈਲਪਲਾਈਨ ਸੈਂਟਰ ਸਥਾਪਤ ਕੀਤਾ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਸਭਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਹਰ ਥਾਂ ਨੂੰ ਸੀ. ਸੀ. ਟੀ. ਵੀ. ਕੈਮਰਿਆਂ ਦੇ ਘੇਰੇ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਹਰ ਸਾਲ ਨਤਮਸਤਕ ਹੋਣ ਲਈ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਸਭਾ ਦੌਰਾਨ ਸ਼ਹਿਰ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਇਸ ਕੰਮ ਦੀ ਨਿਗਰਾਨੀ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਪਾਵਨ ਧਰਤੀ ‘ਤੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਨੇ ਮੁੱਢ ਤੋਂ ਪੰਜਾਬੀਆਂ ਨੂੰ ਅਨਿਆਂ, ਤਸ਼ੱਦਦ ਅਤੇ ਜ਼ੁਲਮ ਵਿਰੁੱਧ ਲੜਨ ਲਈ ਪ੍ਰੇਰਿਆ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਛੋਟੀ ਉਮਰ ਵਿੱਚ ਦਿੱਤੀ ਗਈ ਮਹਾਨ ਕੁਰਬਾਨੀ ਦੀ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਕੋਈ ਮਿਸਾਲ ਨਹੀਂ ਮਿਲਦੀ।

ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਸ਼ਰਧਾਲੂ ਇਸ ਅਸਥਾਨ ‘ਤੇ ਨਤਮਸਤਕ ਹੁੰਦੇ ਹਨ, ਇਸ ਲਈ ਸੂਬਾ ਸਰਕਾਰ ਵੱਲੋਂ ਇਸ ਨਗਰ ਨੂੰ ਪੂਰਨ ਰੂਪ ‘ਚ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਇਸ ਪਾਵਨ ਅਸਥਾਨ ‘ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਹਰ ਸਹੂਲਤ ਮੁਹੱਈਆ ਕਰਾਉਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ।

Leave a Reply

Your email address will not be published. Required fields are marked *