ਲੰਮੇ ਵਿਵਾਦ ਤੋਂ ਬਾਅਦ ਆਖਿਰਕਾਰ ਮੁਕੰਮਲ ਹੋਈ ਸਹਿਕਾਰੀ ਖੰਡ ਮਿੱਲ ਪਨਿਆੜ ਦੇ ਚੇਅਰਮੈਨ ਦੀ ਚੋਣ

ਦੋਵਾਂ ਮੁੱਖ ਅਹੁਦਿਆਂ ’ਤੇ ਹੋਇਆ ਕਾਂਗਰਸ ਦਾ ਕਬਜ਼ਾ

ਗੁਰਦਾਸਪੁਰ ਦੀ ਸਹਿਕਾਰੀ ਖੰਡ ਮਿੱਲ ਪਨਿਆੜ ਵਿਚ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਦਾ ਕੰਮ ਆਖਿਰਕਾਰ ਮੁਕੰਮਲ ਹੋ ਗਿਆ ਹੈ। ਇਸ ਚੋਣ ਦੌਰਾਨ ਕਾਂਗਰਸ ਪਾਰਟੀ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੇ ਅਹਿਮ ਅਹੁਦਿਆਂ ’ਤੇ ਕਬਜ਼ਾ ਕਰਨ ਵਿਚ ਸਫਲ ਰਹੀ ਹੈ। ਇਸ ਤਹਿਤ ਮਲਕੀਤ ਕੌਰ ਖੰਡ ਮਿੱਲ ਦੀ ਚੇਅਰਪਰਸਨ ਅਤੇ ਪਰਮਜੀਤ ਸਿੰਘ ਵਾਈਸ ਚੇਅਰਮੈਨ ਚੁਣੇ ਗਏ ਹਨ, ਜਿਨ੍ਹਾਂ ਨੇ ਅੱਜ ਕਾਂਗਰਸ ਪਾਰਟੀ ਦੀ ਜ਼ਿਲਾ ਗੁਰਦਾਸਪੁਰ ਨਾਲ ਸਬੰਧੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਵਿਚ ਅਹੁਦਾ ਸੰਭਾਲ ਲਿਆ ਹੈ।
ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਸਾਬਕਾ ਉਪ ਮੁੱਖ ਮੰਤਰੀ ਅਤੇ ਲੋਕ ਸਭਾ ਗੁਰਦਾਸਪੁਰ ਹਲਕੇ ਦੇ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਦੀਨਾਨਗਰ ਹਲਕੇ ਤੋਂ ਵਿਧਾਇਕਾ ਅਰੁਣਾ ਚੌਧਰੀ, ਗੁਰਦਾਸਪੁਰ ਹਲਕੇ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੀਨੀਅਰ ਕਾਂਗਰਸੀ ਆਗੂ ਅਸ਼ੋਕ ਚੌਧਰੀ ਅਤੇ ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ।

ਇਹ ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਸਾਲਾਂ ਤੋਂ ਸ਼ੂਗਰ ਮਿੱਲ ਪਨਿਆੜ ਦੇ ਚੇਅਰਮੈਨ ਦੀ ਚੋਣ ਦਾ ਮਾਮਲਾ ਵਿਵਾਦਾਂ ਵਿਚ ਘਿਰਿਆ ਹੋਇਆ ਸੀ ਅਤੇ ਅੱਜ ਇਹ ਚੋਣ ਸੰਪੰਨ ਹੋਣ ਕਾਰਨ ਜਿਥੇ ਇਹ ਵਿਵਾਦ ਖਤਮ ਹੋ ਗਿਆ ਹੈ, ਉਥੇ ਹੀ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ।
ਇਸ ਮੌਕੇ ਵਿਧਾਇਕ ਅਰੁਣਾ ਚੌਧਰੀ ਨੇ ਕਿਹਾ ਕਿ ਤਿੰਨ ਸਾਲਾਂ ਦੀ ਸਖ਼ਤ ਮਿਹਨਤ ਤੋਂ ਬਾਅਦ ਮਲਕੀਤ ਕੌਰ ਚੇਅਰਪਰਸਨ ਦੀ ਕੁਰਸੀ ’ਤੇ ਬੈਠੀ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਵਿਧਾਇਕ ਪਾਹੜਾ ਨੇ ਕਿਹਾ ਕਿ ਅੱਜ ਬਹੁਤ ਖੁਸ਼ੀ ਦੀ ਗੱਲ ਹੈ ਕਿ ਮਲਕੀਤ ਕੌਰ ਨੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ ਹੈ ਅਤੇ ਹੁਣ ਮਿੱਲ ਵਿਚ ਗੰਨੇ ਦੀ ਫਸਲ ਲਿਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ : ਮਲਕੀਤ ਕੌਰ
ਇਸ ਮੌਕੇ ਚੇਅਰਪਰਸਨ ਮਲਕੀਤ ਕੌਰ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਅਰੁਣਾ ਚੌਧਰੀ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਜ਼ਿਲਾ ਪ੍ਰਧਾਨ ਅਤੇ ਵਿਧਾਇਕ ਬਰਿੰਦਰਜੀਤ ਸਿੰਘ ਪਾਹੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ ਅਤੇ ਖੰਡ ਮਿੱਲ ਦੇ ਵਿਕਾਸ ਲਈ ਕੰਮ ਕਰਨਗੇ।
ਉਨ੍ਹਾਂ ਕਿਹਾ ਕਿ ਮਿੱਲ ਵਿਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਕਿਸਾਨਾਂ ਅਤੇ ਖੰਡ ਮਿੱਲਾਂ ਦੀ ਭਲਾਈ ਲਈ ਜੋ ਵੀ ਕੰਮ ਕੀਤਾ ਜਾਵੇਗਾ, ਉਹ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਇਸ ਮੌਕੇ ਗੁਰਦਾਸਪੁਰ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਦੇ ਹੋਰ ਵਰਕਰ ਵੀ ਮੌਜੂਦ ਸਨ।

Leave a Reply

Your email address will not be published. Required fields are marked *