ਸੁਸਾਈਡ ਨੋਟ ਲਿਖ ਕੇ ਸਹੁਰਾ ਪਰਿਵਾਰ ਨੂੰ ਠਹਿਰਾਇਆ ਆਪਣੀ ਮੌਤ ਦਾ ਜ਼ਿੰਮੇਵਾਰ
ਅੱਜ ਬਟਾਲਾ ਦੇ ਮਾਨ ਨਗਰ ’ਚ ਇਕ ਵਿਅਹੁਤਾ ਵੱਲੋਂ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਆਪਣੇ ਪੇਕੇ ਘਰ ’ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਇਸ ਦੌਰਾਨ ਸਹੁਰਾ ਪਰਿਵਾਰ ਦੇ 4 ਲੋਕਾਂ ਖਿਲਾਫ ਕੇਸ ਦਰਜ ਕਰ ਦਿੱਤੀ ਹੈ।
ਇਸ ਸਬੰਧੀ ਮ੍ਰਿਤਕਾ ਪਵਨਪ੍ਰੀਤ ਕੌਰ ਦੇ ਪਿਤਾ ਸੁਖਦੇਵ ਸਿੰਘ ਵਾਸੀ ਮਾਨ ਨਗਰ ਬਟਾਲਾ ਨੇ ਦੱਸਿਆ ਕਿ ਉਸਦੀ ਲੜਕੀ ਦਾ ਵਿਆਹ 2 ਸਾਲ ਪਹਿਲਾਂ ਮਨਪ੍ਰੀਤ ਸਿੰਘ ਵਾਸੀ ਪਿੰਡ ਭੱਦਾਸ (ਕਪੂਰਥਲਾ) ਨਾਲ ਹੋਇਆ ਸੀ , ਜੋ ਕਿ ਵਿਦੇਸ਼ ਪੁਰਤਗਾਲ ’ਚ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸਦੀ ਲੜਕੀ ਦੇ ਸਹੁਰਾ ਪਰਿਵਾਰ ਵਾਲਿਆਂ ਨੇ ਉਸਨੂੰ ਦਾਜ ਅਤੇ ਹਰ ਛੋਟੀ ਛੋਟੀ ਗੱਲ ’ਤੇ ਮਾਨਸਿਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਕਰੀਬ ਇਕ ਮਹੀਨੇ ਪਹਿਲਾਂ ਪਵਨਪ੍ਰੀਤ ਕੌਰ ਦੇ ਸਹੁਰਾ ਪਰਿਵਾਰ ਵਾਲੇ ਉਸਨੂੰ ਉਨ੍ਹਾਂ ਕੋਲ ਛੱਡ ਕੇ ਚੱਲੇ ਗਏ ਸਨ, ਜਿਸਨੂੰ ਲੈ ਕੇ ਉਨ੍ਹਾਂ ਦੀ ਬੇਟੀ ਕਾਫੀ ਪ੍ਰੇਸ਼ਾਨ ਰਹਿੰਦੀ ਸੀ। ਬੀਤੀ ਰਾਤ ਉਹ ਅਤੇ ਉਨ੍ਹਾਂ ਦਾ ਪਰਿਵਾਰ ਖਾਣਾ ਖਾਣ ਤੋਂ ਬਾਅਦ ਸੋ ਗਏ ਸਨ ਅਤੇ ਅੱਜ ਸਵੇਰੇ 5 ਵਜੇ ਦੇ ਕਰੀਬ ਜਦ ਉਨ੍ਹਾਂ ਆਪਣੀ ਲੜਕੀ ਦੇ ਕਮਰੇ ’ਚ ਜਾ ਕੇ ਦੇਖਿਆ ਤਾਂ ਲੜਕੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਉਨ੍ਹਾਂ ਕਿਹਾ ਕਿ ਪਵਨਪ੍ਰੀਤ ਕੌਰ ਨੇ ਆਤਮ ਹੱਤਿਆ ਕਰਨ ਤੋਂ ਪਹਿਲਾਂ ਇਕ ਸੁਸਾਇਡ ਨੋਟ ਵੀ ਲਿਖਿਆ ਹੈ, ਜਿਸ ਵਿਚ ਉਸਨੇ ਆਪਣੀ ਮੌਤ ਦਾ ਜ਼ਿੰਮੇਵਾਰ ਆਪਣੇ ਸਹੁਰਾ ਪਰਿਵਾਰ ਵਾਲਿਆਂ ਨੂੰ ਠਹਿਰਾਇਆ ਹੈ।
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਵਲ ਲਾਈਨ ਦੇ ਐੱਸ. ਆਈ. ਅਵਤਾਰ ਸਿੰਘ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ’ਚ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਐੱਸ. ਐੱਚ. ਓ. ਸਿਵਲ ਲਾਈਨ ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕਾ ਦੀ ਮਾਤਾ ਸੁਖਵਿੰਦਰ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਮਾਨ ਨਗਰ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕਾ ਪਵਨਪ੍ਰੀਤ ਕੌਰ ਦੇ ਪਤੀ, ਸੱਸ, ਸਹੁਰਾ ਅਤੇ ਜੇਠ ਵਿਰੁੱਧ ਮੁਕੱਦਮਾ ਬਣਦੀਆਂ ਧਾਰਾਵਾਂ ਤਹਿਤ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
