ਪਾਰਟੀ ਦੀ ਨਵੀਂ ਭਰਤੀ ਤੋਂ ਇਲਾਵਾ ਸੁਖਬੀਰ ਬਾਦਲ ਦੇ ਅਸਤੀਫੇ ਸਬੰਧੀ ਕੀਤੀ ਗੱਲਬਾਤ
ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ।
ਸਿੰਘ ਸਾਹਿਬ ਦੀ ਰਿਹਾਇਸ਼ ’ਤੇ ਵਫਦ ਦੇ ਮੈਂਬਰਾਂ ਨੇ ਲਗਭਗ 30 ਮਿੰਟ ਦੇ ਕਰੀਬ ਗੱਲਬਾਤ ਕੀਤੀ। ਵਫ਼ਦ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਜਥੇਦਾਰ ਹੀਰਾ ਸਿੰਘ ਗਾਬੜੀਆ, ਦਿੱਲੀ ਦੇ ਸਿੱਖ ਆਗੂ ਪਰਮਜੀਤ ਸਿੰਘ ਸਰਨਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਸ਼ਾਮਲ ਸਨ।
ਡਾ. ਚੀਮਾ ਨੇ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੜੇ ਹੀ ਧਿਆਨ ਨਾਲ ਵਫਦ ਦੀ ਗੱਲਬਾਤ ਸੁਣੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ’ਤੇ ਵੀ ਵਿਚਾਰ ਚਰਚਾ ਕੀਤੀ ਗਈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ਮੰਨਦਾ ਆਇਆ ਹੈ ਅਤੇ ਅਗਾਹਾਂ ਵੀ ਮੰਨਦਾ ਰਹੇਗਾ। ਇਸ ਤੋਂ ਇਲਾਵਾ ਚੀਮਾ ਨੇ ਕਿਹਾ ਕਿ ਇਕ ਦੋ-ਦਿਨਾਂ ਤੱਕ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿਚ ਸੁਖਬੀਰ ਬਾਦਲ ਦੇ ਅਸਤੀਫ਼ੇ ’ਤੇ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਵਿਚ ਹੋਵੇਗੀ। ਉਨ੍ਹਾਂ ਦੱਸਿਆ ਕਿ ਸੁਖਬੀਰ ਬਾਦਲ ਦੇ ਅਸਤੀਫ਼ੇ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਇਲਾਵਾ ਪਾਰਟੀ ਦੀ ਮੈਂਬਰਸ਼ਿਪ ਭਰਤੀ ਦੇ ਪ੍ਰੋਗਰਾਮ ਤੋਂ ਇਲਾਵਾ ਸੂਬੇ ਨੂੰ ਦਰਪੇਸ਼ ਹੋਰ ਮਸਲਿਆਂ ’ਤੇ ਫ਼ੈਸਲੇ ਲਏ ਜਾਣਗੇ।