ਮੁਲਾਜ਼ਮਾਂ ਨੂੰ ਸਮੇਂ ਸਿਰ ਆਪਣੀ ਡਿਊਟੀ ‘ਤੇ ਪਹੁੰਚਣ ਦੇ ਨਿਰਦੇਸ਼ ਵੀ ਜਾਰੀ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਡਿਊਟੀ ਦੌਰਾਨ ਮੁਲਾਜ਼ਮਾਂ ਦੇ ਮੋਬਾਈਲ ਫੋਨ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਆਦੇਸ਼ ਡਿਊਟੀ ਦੌਰਾਨ ਕਰਮਚਾਰੀਆਂ ਵੱਲੋਂ ਮੋਬਾਈਲ ਫੋਨ ਦੀ ਕੀਤੀ ਜਾਂਦੀ ਵਰਤੋਂ ਦੀਆਂ ਸ਼ਿਕਾਇਤਾਂ ਦੇ ਨਤੀਜੇ ਵਜੋਂ ਲਾਗੂ ਕੀਤਾ ਗਿਆ ਹੈ।
ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਦੇ ਦਸਤਖ਼ਤਾਂ ਹੇਠ ਨਿਗਰਾਨ, ਇੰਚਾਰਜਾਂ ਅਤੇ ਸੁਪਰਵਾਈਜ਼ਰਾਂ ਨੂੰ ਭੇਜੇ ਗਏ ਪੱਤਰ ਨੰਬਰ 5152 ਤਹਿਤ ਜਾਰੀ ਆਦੇਸ਼ ਵਿਚ ਮੁਲਾਜ਼ਮਾਂ ਨੂੰ ਸਮੇਂ ਸਿਰ ਆਪਣੀ ਡਿਊਟੀ ‘ਤੇ ਪਹੁੰਚਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਮੈਨੇਜਰ ਨੇ ਕਿਹਾ ਕਿ ਮੁਲਾਜਮਾਂ ਦੇ ਸਮੇਂ ਸਿਰ ਡਿਊਟੀ ‘ਤੇ ਨਾ ਪਹੁੰਚਣ ਦੀਆਂ ਸ਼ਿਕਾਇਤਾਂ ਵੀ ਮਿਲੀਆਂ ਸਨ। ਉਪਰੋਕਤ ਮੁਲਾਜਮਾਂ ਵੱਲੋਂ ਤਹਿ ਵਰਦੀ ਨਾ ਪਹਿਨਣ ਸੰਬੰਧੀ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ, ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਭਵਿੱਖ ਵਿਚ ਸਾਰੇ ਮੁਲਾਜ਼ਮ ਸ੍ਰੀ ਹਰਿਮੰਦਰ ਸਾਹਿਬ ਆਦਿ ਸਥਾਨਾਂ ‘ਤੇ ਡਿਊਟੀ ਦੌਰਾਨ ਵਰਦੀ ਵਿਚ ਰਹਿਣਗੇ। ਵਰਦੀ ਤੋਂ ਬਿਨਾਂ ਮੁਲਾਜ਼ਮਾਂ ਨੂੰ ਡਿਊਟੀ ਕਰਨ ਦੀ ਆਗਿਆ ਨਹੀਂ ਹੋਵੇਗੀ, ਜਿਸ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ।
ਆਦੇਸ਼ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਕੋਈ ਕਰਮਚਾਰੀ ਚੈਕਿੰਗ ਦੌਰਾਨ ਮੋਬਾਈਲ ਫੋਨ ਸੁਣਦਾ ਪਾਇਆ ਗਿਆ ਤਾਂ ਉਸ ਵਿਰੁੱਧ ਮੌਕੇ ‘ਤੇ ਹੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਜੇਕਰ ਕਰਮਚਾਰੀ ਆਪਣੀ ਨੇਮ ਪਲੇਟ ਨਹੀਂ ਲਗਾਉਂਦਾ ਤਾਂ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
